ਮਾਨ ਸਰਕਾਰ ਦਾ ਵੱਡਾ ਫੈਸਲਾ- ਹੁਣ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

52
0

ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿੱਚ ਹੋਇਆ ਕਰੇਗੀ। ਇਹ ਫੈਸਲਾ ਲੁਧਿਆਣਾ ਦੇ ਸਰਕਟ ਵਿੱਚ ਹੋਈ ਕੈਬਨਿਟ ਦੀ ਬੈਠਕ ਵਿੱਚ ਲਿਆ ਗਿਆ। ਬੈਠਕ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਐੱਮ. ਮਾਨ ਨੇ ਕਿਹਾ ਕਿ ਜਿਸ ਜਗ੍ਹਾ ਕੈਬਨਿਟ ਦੀ ਮੀਟਿੰਗ ਹੋਵੇਗੀ, ਉਸ ਪੂਰੇ ਦਿਨ ਸਰਕਾਰ ਉਥੇ ਹੀ ਰਹੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੀ ਬਜਾਏ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਕੀਤੀ ਗਈ। ਇਸ ਨੂੰ ਲੈ ਕੇ ਸੀ.ਐੱਮ. ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਕਰਕੇ ਆਪਣੇ ਪ੍ਰਮੁੱਖ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਕਦਮ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹੁਣ ਮੰਤਰੀ ਮੰਡਲ ਸਿਰਫ਼ ਸਕੱਤਰੇਤ ਦੇ ਕਮਰਿਆਂ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਸੂਬੇ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਸੌਖ ਹੋ ਸਕੇ।

ਸੀ.ਐੱਮ. ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ, ਉਥੇ ਦੂਜੇ ਪਾਸੇ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾ ਕੇ ਲੋਕਾਂ ਨੂੰ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਆਪੋ-ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਹੈ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਇਧਰ-ਉਧਰ ਭੱਜ ਦੌੜ ਨਾ ਕਰਨੀ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਅਜਿਹੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਸਹੂਲਤਾਂ ਮੁਹੱਈਆ ਕਰਵਾਏਗੀ।