ਹੜ੍ਹਾਂ ਦੀ ਮਾਰ; ਹਾਈ ਅਲਰਟ ਜਾਰੀ, ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

51
0

ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ‘ਚ ਹੜ੍ਹ ਦੇ ਖਤਰੇ ਦੇ ਮੱਦੇਨਜ਼ਰ ਫਾਜ਼ਿਲਕਾ ਪੁਲਿਸ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਫਾਜ਼ਿਲਕਾ ਪੁਲਿਸ ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ।

ਫਾਜ਼ਿਲਕਾ ਦੀ ਐਸਐਸਪੀ ਅਵਨੀਤ ਕੌਰ ਸਿੱਧੂ ਖੁਦ ਸਰਹੱਦੀ ਪਿੰਡ ਵਿੱਚ ਦੇਰ ਸ਼ਾਮ ਤੱਕ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਐਸਐਸਪੀ ਵੱਲੋਂ ਜ਼ੀਰੋ ਲਾਈਨ ਤੱਕ ਸੁਰੱਖਿਆ ਦੀ ਜਾਂਚ ਕੀਤੀ ਜਾ ਰਹੀ ਹੈ।

ਐਸਐਸਪੀ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜਦੋਂ ਤੋਂ ਇਹ ਸਥਿਤੀ ਬਣੀ ਹੈ, ਉਦੋਂ ਤੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਬੀਐਸਐਫ ਨਾਲ ਤਾਲਮੇਲ ਵਿੱਚ ਕੰਮ ਕਰ ਰਿਹਾ ਹੈ। ਜਿਸ ਸਬੰਧੀ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਥਿਤੀ ਪੈਦਾ ਹੋਵੇ, ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਅਤੇ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਵੱਧ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਸੁਰੱਖਿਆ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹਮੇਸ਼ਾ ਲੋਕਾਂ ਦੀ ਸੇਵਾ ਲਈ ਅੱਗੇ ਆਉਂਦੀ ਹੈ। ਭਾਰਤ ਵਿੱਚ ਕਿਸੇ ਵੀ ਬੀ. ਐੱਸ. ਐੱਫ. ਪੋਸਟ ਨੂੰ ਖਾਲੀ ਨਹੀਂ ਕੀਤਾ ਗਿਆ ਸੀ, ਜਦਕਿ ਪਾਕਿਸਤਾਨ ਨੇ ਆਪਣੀਆਂ ਪੋਸਟਾਂ ਪਿੱਛੇ ਹਟਾਈਆਂ ਹਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਨੇ ਆਪਣੇ ਪਾਸੇ ਤੋਂ ਹੈੱਡ ਦੇ 6 ਗੇਟ ਖੋਲ੍ਹ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।