‘ਨਫਰਤ ਭਰੇ ਭਾਸ਼ਣਾਂ ‘ਤੇ ਬਿਨਾਂ ਸ਼ਿਕਾਇਤ ਤੋਂ ਵੀ ਕੀਤੀ ਜਾਵੇ FIR’- ਸੁਪਰੀਮ ਕੋਰਟ ਦੇ ਰਾਜਾਂ ਨੂੰ ਨਿਰਦੇਸ਼

53
0

ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਫ਼ਰਤ ਭਰੇ ਭਾਸ਼ਣਾਂ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਆਪਣੇ 2022 ਦੇ ਹੁਕਮ ਦਾ ਦਾਇਰਾ ਵਧਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਬਿਨਾਂ ਕਿਸੇ ਸ਼ਿਕਾਇਤ ਦੇ ਵੀ ਐਫਆਈਆਰ ਦਰਜ ਕਰਨੀ ਪਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚਿਤਾਵਨੀ ਦਿੱਤੀ ਕਿ ਜੇ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਵਿੱਚ ਦੇਰ ਹੁੰਦੀ ਹੈ ਤਾਂ ਇਸ ਨੂੰ ਅਦਾਲਤ ਦਾ ਅਪਮਾਨ ਮੰਨਿਆ ਜਾਵੇਗਾ।

ਨਫ਼ਰਤ ਭਰੇ ਭਾਸ਼ਣਾਂ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਸੁਪਰੀਮ ਕੋਰਟ ਨੇ ਧਰਮ ਦੀ ਪਰਵਾਹ ਕੀਤੇ ਬਿਨਾਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇਹ ਹੁਕਮ ਸਿਰਫ਼ ਯੂਪੀ, ਦਿੱਲੀ ਅਤੇ ਉੱਤਰਾਖੰਡ ਸਰਕਾਰਾਂ ਨੂੰ ਦਿੱਤੇ ਸਨ ਪਰ ਹੁਣ ਇਹ ਹੁਕਮ ਸਾਰੇ ਰਾਜਾਂ ਨੂੰ ਦੇ ਦਿੱਤੇ ਗਏ ਹਨ।FIR should be lodged even

ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਮਾਮਲਿਆਂ ‘ਚ ਕਾਰਵਾਈ ਕਰਦੇ ਸਮੇਂ ਬਿਆਨ ਦੇਣ ਵਾਲੇ ਵਿਅਕਤੀ ਦੇ ਧਰਮ ਦੀ ਪਰਵਾਹ ਨਹੀਂ ਕਰਨੀ ਚਾਹੀਦੀ। ਧਰਮ ਨਿਰਪੱਖ ਦੇਸ਼ ਦੇ ਸੰਕਲਪ ਨੂੰ ਇਸ ਤਰ੍ਹਾਂ ਜਿਉਂਦਾ ਰੱਖਿਆ ਜਾ ਸਕਦਾ ਹੈ। ਅਦਾਲਤ ਨੇ ਕਿਹਾ ਕਿ ਨਫ਼ਰਤ ਭਰਿਆ ਭਾਸ਼ਣ ਇੱਕ ਗੰਭੀਰ ਅਪਰਾਧ ਹੈ, ਜੋ ਦੇਸ਼ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਸੁਪਰੀਮ ਕੋਰਟ ਨੇ ਆਪਣੇ 2022 ਦੇ ਹੁਕਮ ਵਿੱਚ ਦਿੱਲੀ, ਯੂਪੀ ਅਤੇ ਉੱਤਰਾਖੰਡ ਦੀਆਂ ਸਰਕਾਰਾਂ ਨੂੰ ਇਸ ਦਾ ਖੁਦ ਨੋਟਿਸ ਲੈਂਦਿਆਂ ਨਫ਼ਰਤ ਭਰੇ ਭਾਸ਼ਣ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਸੀ। ਉਦੋਂ ਅਦਾਲਤ ਨੇ ਇਨ੍ਹਾਂ ਰਾਜਾਂ ਨੂੰ ਕਿਹਾ ਸੀ ਕਿ ਅਜਿਹੇ ਮਾਮਲਿਆਂ ਵਿੱਚ ਉਨ੍ਹਾਂ ਨੂੰ ਕਿਸੇ ਦੀ ਸ਼ਿਕਾਇਤ ਦੀ ਲੋੜ ਨਹੀਂ ਹੈ।

ਤੁਹਾਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਦਾ ਇਹ ਹੁਕਮ ਅਜਿਹੇ ਸਮੇਂ ਆਇਆ ਹੈ ਜਦੋਂ ਕਰਨਾਟਕ ‘ਚ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਜ਼ੋਰਦਾਰ ਪ੍ਰਚਾਰ ਕਰ ਰਹੀਆਂ ਹਨ। ਹਾਲ ਹੀ ਵਿੱਚ, ਕਾਂਗਰਸ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇੱਕ ਬਿਆਨ ਨੂੰ ਲੈ ਕੇ ਬੇੰਗਲੁਰੂ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਦੂਜੇ ਪਾਸੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਜ਼ਹਿਰੀਲਾ ਸੱਪ’ ਕਿਹਾ ਸੀ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਆਪਣੀ ਟਿੱਪਣੀ ਲਈ ਅਫਸੋਸ ਪ੍ਰਗਟ ਕੀਤਾ। ਇਸ ਤੋਂ ਬਾਅਦ ਭਾਜਪਾ ਵਿਧਾਇਕ ਨੇ ਖੜਗੇ ਦੇ ਬਿਆਨ ‘ਤੇ ਚੁਟਕੀ ਲੈਂਦਿਆਂ ਸੋਨੀਆ ਗਾਂਧੀ ਨੂੰ ‘ਵਿਸ਼ਕੰਨਿਆ’ ਕਿਹਾ।