ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ’ਚ ਪੰਜਾਬ ਸਰਕਾਰ ਦਾ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਬਿੱਲ ਮੁਕੰਮਲ ਰੱਦ

43
0

-ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ’ਚ ਪੰਜਾਬ ਸਰਕਾਰ ਦਾ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਬਿੱਲ ਮੁਕੰਮਲ ਰੱਦ
-ਹਾਜ਼ਰ ਮੈਂਬਰਾਂ ਨੇ ਇਕਸੁਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਕਰੜਾ ਸੰਘਰਸ਼ ਵਿੱਢਣ ਦੀ ਦਿੱਤੀ ਚੇਤਾਵਨੀ
-ਸਰਕਾਰ ਗੁਰਦੁਆਰਾ ਸੋਧ ਬਿੱਲ ਵਾਪਸ ਲਵੇ, ਨਹੀਂ ਤਾਂ ਸਿੱਖ ਰੋਹ ਦੇ ਸਾਹਮਣੇ ਲਈ ਤਿਆਰ ਰਹੇ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦੇ ਗਏ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਮੁਕੰਮਲ ਰੂਪ ਵਿਚ ਰੱਦ ਕਰਦਿਆਂ ਇਸ ਦਾ ਹਰ ਪੱਧਰ ’ਤੇ ਕਰੜਾ ਵਿਰੋਧ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਏ ਇਸ ਵਿਸ਼ੇਸ਼ ਇਜਲਾਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸਾਂਝੇ ਰੂਪ ਵਿਚ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖ਼ਲ ਦੀ ਸਖ਼ਤ ਨਿੰਦਾ ਕਰਦਿਆਂ ਐਲਾਨ ਕੀਤਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਪਾਸ ਕੀਤੇ ਗਏ ਮਤੇ ਵਿਚ ਪੰਜਾਬ ਸਰਕਾਰ ਦੇ ਸਿੱਖ ਵਿਰੋਧੀ ਫੈਸਲੇ ਖਿਲਾਫ਼ ਪੁਰਾਤਨ ਸਿੱਖ ਰਵਾਇਤਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਮੋਰਚਾ ਆਰੰਭਣ ਦੀ ਚੇਤਾਵਨੀ ਦਿੱਤੀ ਗਈ। ਮਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਸਮੂਹ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਅੰਦਰ ਪ੍ਰਵਾਨਗੀ ਦਿੱਤੀ। ਮਤੇ ’ਚ ਕਿਹਾ ਗਿਆ ਕਿ ਸ੍ਰੀ ਭਗਵੰਤ ਮਾਨ ਦੀ ਸਰਕਾਰ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਵਾਪਸ ਲਵੇ, ਨਹੀਂ ਤਾਂ ਤਿੱਖੇ ਸੰਘਰਸ਼ ਦੇ ਸਾਹਮਣੇ ਲਈ ਤਿਆਰ ਰਹੇ। ਐਡਵੋਕੇਟ ਧਾਮੀ ਨੇ ਮਤਾ ਪੇਸ਼ ਕਰਦਿਆਂ ਕਿਹਾ ਗਿਆ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਸ਼੍ਰੋਮਣੀ ਕਮੇਟੀ ਦੀਆਂ ਸਿਫ਼ਾਰਸ਼ਾਂ ਨਾਲ ਹੀ ਸੰਭਵ ਹੈ। ਸੰਨ 1959 ਵਿਚ ਮਾਸਟਰ ਤਾਰਾ ਸਿੰਘ ਅਤੇ ਪੰਡਤ ਜਵਾਹਰ ਲਾਲ ਨਹਿਰੂ ਦਰਮਿਆਨ ਹੋਏ ਸਮਝੌਤੇ ਅਤੇ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 72 ਦਾ ਹਵਾਲਾ ਦਿੰਦਿਆਂ ਉਨ੍ਹਾਂ ਆਖਿਆ ਕਿ ਸਿੱਖ ਗੁਰਦੁਆਰਾ ਐਕਟ ਅੰਦਰ ਕਿਸੇ ਵੀ ਸੋਧ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੇ ਦੋ ਤਿਹਾਈ ਮੈਂਬਰਾਂ ਦੀ ਸਹਿਮਤੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਪਰ ਸ੍ਰੀ ਭਗਵੰਤ ਮਾਨ ਦੀ ਸਰਕਾਰ ਨੇ ਆਪਣੇ ਆਕਾ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਨੂੰ ਲਾਗੂ ਕਰਨ ਅਤੇ ਸ਼੍ਰੋਮਣੀ ਕਮੇਟੀ ਨੂੰ ਹਥਿਆਉਣ ਦੇ ਮੰਤਵ ਨਾਲ ਇਹ ਹਿਮਾਕਤ ਕੀਤੀ ਹੈ। ਉਨ੍ਹਾਂ ਮਤੇ ਵਿਚ ਸਾਫ਼ ਤੌਰ ’ਤੇ ਕਿਹਾ ਕਿ ਕਿਸੇ ਵੀ ਕੀਮਤ ’ਤੇ ਪੰਜਾਬ ਸਰਕਾਰ ਦੀ ਸਿੱਖ ਵਿਰੋਧੀ ਮਨਸ਼ਾ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਇਸ ਵਿਰੁੱਧ ਸੰਘਰਸ਼ ਲੜਿਆ ਜਾਵੇਗਾ। ਮਤੇ ਵਿਚ ਇਹ ਵੀ ਕਿਹਾ ਗਿਆ ਕਿ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਦੇਣ, ਕੇਸਾਂ ਦੀ ਤੌਹੀਨ ਕਰਨ, ਰਾਗੀ ਸਿੰਘਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਅਤੇ ਭੱਟ ਸਾਹਿਬਾਨ ਤੇ ਭਗਤ ਸਾਹਿਬਾਨ ਦਾ ਨਾਂ ਸਤਿਕਾਰਹੀਣ ਭਾਸ਼ਾ ਵਿਚ ਲੈਣ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਬੁੱਧ ਰਾਮ ਸਿੱਖ ਕੌਮ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣ।
ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਜਸਵੰਤ ਸਿੰਘ ਪੁੜੈਣ, ਸ. ਕੁਲਵੰਤ ਸਿੰਘ ਮੰਨਣ, ਬੀਬੀ ਕਿਰਨਜੋਤ ਕੌਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਅਮਰਜੀਤ ਸਿੰਘ ਬੰਡਾਲਾ, ਸ. ਸਰਵਣ ਸਿੰਘ ਕੁਲਾਰ, ਸ. ਕੌਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਬਲਵਿੰਦਰ ਸਿੰਘ ਬੈਂਸ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਬਲਦੇਵ ਸਿੰਘ ਚੂੰਘਾ, ਸ. ਚਰਨ ਸਿੰਘ ਆਲਮਗੀਰ, ਸ. ਰਣਜੀਤ ਸਿੰਘ ਕਾਹਲੋਂ, ਸ. ਹਰਪਾਲ ਸਿੰਘ ਜੱਲਾ ਅਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸ੍ਰੀ ਭਗਵੰਤ ਮਾਨ ਦੀ ਸਰਕਾਰ ਦੀ ਗਲਤੀ ਮੁਆਫ਼ ਕਰਨਯੋਗ ਨਹੀਂ ਹੈ ਅਤੇ ਇਸ ਦਾ ਸਖ਼ਤ ਜਵਾਬ ਦੇਣਾ ਲਾਜ਼ਮੀ ਹੈ। ਇਹ ਵਿਚਾਰ ਵੀ ਪ੍ਰਗਟ ਕੀਤਾ ਗਿਆ ਕਿ ਮੁੱਖ ਮੰਤਰੀ ਤੇ ਵਿਧਾਇਕਾਂ ਵੱਲੋਂ ਸਿੱਖ ਵਿਰੋਧੀ ਟਿੱਪਣੀਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿਚ ਹੋਈਆਂ ਹਨ, ਜੋ ਖੁਦ ਅੰਮ੍ਰਿਤਧਾਰੀ ਹਨ। ਉਨ੍ਹਾਂ ਦੀ ਜ਼ੁੰਮੇਵਾਰੀ ਸੀ ਕਿ ਇਨ੍ਹਾਂ ਇਤਰਾਜ਼ਯੋਗ ਟਿੱਪਣੀਆਂ ਦਾ ਨੋਟਿਸ ਲੈਂਦੇ, ਪਰ ਉਹ ਵੀ ਅਜਿਹਾ ਨਾ ਕਰਕੇ ਦੋਸ਼ੀਆਂ ਦੀ ਕਤਾਰ ਵਿਚ ਸ਼ਾਮਲ ਹੋਏ ਹਨ। ਇਸ ਲਈ ਸਪੀਕਰ ਸੰਧਵਾਂ ਵੀ ਕੌਮ ਪਾਸੋਂ ਮੁਆਫ਼ੀ ਮੰਗਣ।
ਇਜਲਾਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਾਜ਼ਰ ਸਾਰੇ ਮੈਂਬਰਾਂ ਨੇ ਸ੍ਰੀ ਭਗਵੰਤ ਮਾਨ ਦੀ ਸਰਕਾਰ ਦੇ ਵਿਰੁੱਧ ਤਿੱਖਾ ਰੋਸ ਪ੍ਰਗਟ ਕੀਤਾ ਹੈ, ਜਿਸ ਲਈ ਉਹ ਸਭ ਦੇ ਧੰਨਵਾਦੀ ਹਨ। ਉਨ੍ਹਾਂ ਆਰੰਭੇ ਜਾਣ ਵਾਲੇ ਸੰਘਰਸ਼ ਬਾਰੇ ਸਪੱਸ਼ਟ ਕੀਤਾ ਕਿ ਪੁਰਾਤਨ ਰਵਾਇਤਾਂ ਅਨਸੁਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦੀ ਅਗਵਾਈ ਵਿਚ ਹੋਵੇਗਾ। ਪਰ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਤੋਂ ਪਹਿਲਾਂ ਸੰਵਿਧਾਨਕ ਤੌਰ ’ਤੇ ਦੇਸ਼ ਦੇ ਰਾਸ਼ਟਰਪਤੀ, ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ, ਜਿਸ ਬਾਰੇ ਲਿਖਾਪੜ੍ਹੀ ਆਰੰਭੀ ਜਾ ਚੁੱਕੀ ਹੈ। ਐਡਵੋਕੇਟ ਧਾਮੀ ਨੇ ਗੁਰਬਾਣੀ ਪ੍ਰਸਾਰਣ ਬਾਰੇ ਵੀ ਸਾਫ਼ ਤੌਰ ’ਤੇ ਕਿਹਾ ਕਿ ਸੰਗਤ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਨਿਰਵਿਘਨ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਹੈ ਅਤੇ ਇਸ ਲਈ ਸਰਗਰਮ ਤੌਰ ’ਤੇ ਅੱਗੇ ਵਧਿਆ ਜਾ ਰਿਹਾ ਹੈ। ਸਬ-ਕਮੇਟੀ ਦੀਆਂ ਕੁਝ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਸਮੇਂ ਸਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਤੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਫੈਸਲਾ ਕੀਤਾ ਜਾਵੇਗਾ।